ਕਰੋਨਾ ਸੰਕਟ : ਸਿਹਤ ਕਾਮਿਆਂ ਦੀ ਸੁਰੱਖਿਆ ਤੇ ਸਿਹਤ ਸੇਵਾਵਾਂ ਦੇ ਸਰਕਾਰੀਕਰਨ ਲਈ 16 ਜਥੇਬੰਦੀਆਂ ਵੱਲੋਂ ਪ੍ਰਦਰਸ਼ਨ 13 ਨੂੰ
ਸਿਹਤ ਜੁੰਮੇਵਾਰੀਆਂ ਨਿਭਾਅ ਰਹੇ ਪੁਲਸ ਮੁਲਾਜ਼ਮਾਂ ਲਈ ਵੀ ਢੁੱਕਵੇਂ ਪ੍ਰਬੰਧਾਂ ਦੀ ਮੰਗ
8 ਮਈ, ਪੰਜਾਬ ਦੀਆਂ 16 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਕਰੋਨਾ ਸੰਕਟ ਦੌਰਾਨ ਸਿਹਤ ਕਾਮਿਆਂ ਨੂੰ ਸਰਕਾਰੀ ਬੇਰੁਖੀ ਤੋਂ ਬਚਾਉਣ, ਉਹਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਅਤੇ ਸਿਹਤ ਵਿਭਾਗ ਦਾ ਪੂਰਨ ਰੂਪ ਵਿੱਚ ਸਰਕਾਰੀਕਰਨ ਕਰਨ ਤੇ ਵੱਖ-ਵੱਖ ਖੇਤਰਾਂ ਵਿੱਚ ਲਾਗੂ ਕੀਤੀਆਂ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ 13 ਮਈ ਨੂੰ ਹਸਪਤਾਲਾਂ ਤੇ ਸਿਹਤ ਕੇਂਦਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਇਹਨਾਂ ਜਥੇਬੰਦੀਆਂ ਦੀ ਤਰਫੋਂ ਜੋਗਿੰਦਰ ਸਿੰਘ ਉਗਰਾਹਾਂ, ਰਾਜਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਪੰਨੂੰ, ਲਛਮਣ ਸਿੰਘ ਸੇਵੇਵਾਲਾ ਤੇ ਜਗਰੂਪ ਸਿੰਘ ਵੱਲੋਂ ਜਾਰੀ ਕੀਤੇ ਲਿਖਤੀ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਦੱਸਿਆ ਕਿ 13 ਮਈ ਦੇ ਪ੍ਰਦਰਸ਼ਨਾਂ ਲਈ ਸਿਹਤ ਸਾਵਧਾਨੀਆਂ ਨੂੰ ਯਕੀਨੀ ਬਨਾਉਣ ਲਈ ਗਿਣਤੀ ਵੀ ਸੀਮਤ ਰੱਖੀ ਜਾਵੇਗੀ। ਉਹਨਾਂ ਦੱਸਿਆ ਕਿ ਇਹਨਾਂ ਪ੍ਰਦਰਸ਼ਨਾਂ ਸਮੇਂ ਮੰਗ ਕੀਤੀ ਜਾਵੇਗੀ ਕਿ ਸਿਹਤ ਵਿਭਾਗ ਵਿੱਚ ਸਮੁੱਚੀਆਂ ਅਸਾਮੀਆਂ ਸਫ਼ਾਈ ਕਾਮਿਆਂ, ਆਸ਼ਾ ਵਰਕਰਾਂ, ਨਰਸਾਂ ਸਮੇਤ ਸਰਵਿਸ ਪ੍ਰੋਵਾਈਡਰਾਂ/ਡਾਕਟਰਾਂ ਆਦਿ ਨੂੰ ਪੂਰੀ ਤਨਖਾਹ 'ਤੇ ਪੱਕਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਪੂਰੀਆਂ ਕੀਤੀਆਂ ਜਾਣ, ਆਰ.ਐਮ.ਪੀ. ਡਾਕਟਰਾਂ ਤੇ ਹੋਰ ਕੈਟਾਗਿਰੀਆਂ ਨੂੰ ਸਰਕਾਰੀ ਖੇਤਰ ਵਿੱਚ ਸ਼ਾਮਲ ਕੀਤਾ ਜਾਵੇ, ਕੋਵਿਡ 19 ਦੇ ਇਲਾਜ ਦੀਆਂ ਵਿਸ਼ੇਸ਼ ਲੋੜਾਂ ਲਈ ਲੋੜੀਂਦਾ ਸਮਾਨ ਦਿੱਤਾ ਜਾਵੇ, ਨਿੱਜੀ ਹਸਪਤਾਲਾਂ ਨੂੰ ਪੱਕੇ ਤੌਰ 'ਤੇ ਸਰਕਾਰੀ ਹੱਥਾਂ ਵਿੱਚ ਲਿਆ ਜਾਵੇ, ਸਮੂਹ ਸਿਹਤ ਕਾਮਿਆਂ ਦਾ 50 ਲੱਖ ਰੁਪਏ ਦਾ ਬੀਮਾ ਯਕੀਨੀ ਕੀਤਾ ਜਾਵੇ, ਸਿਹਤ ਮੁਲਾਜਮਾਂ, ਲਾਗ ਦੇ ਮਰੀਜਾਂ ਜਾਂ ਸ਼ੱਕੀਆਂ ਲਈ ਢੁੱਕਵੇਂ ਇਕਾਂਤਵਾਸ ਕੇਂਦਰਾਂ ਦੇ ਪ੍ਰਬੰਧ ਲਈ ਹੋਟਲਾਂ ਤੇ ਸਰਕਾਰੀ ਸਰਕਟ ਹਾਊਸ ਆਦਿ ਨੂੰ ਆਰਜੀ ਤੌਰ 'ਤੇ ਸਿਹਤ ਢਾਂਚੇ ਦਾ ਅੰਗ ਬਣਾਇਆ ਜਾਵੇ, ਸਿਹਤ ਮੁਲਾਜਮਾਂ ਤੇ ਆਮ ਲੋਕਾਂ ਦੇ ਟੈਸਟ ਕੀਤੇ ਜਾਣ ਤੇ ਤੰਦਰੁਸਤ ਲੋਕਾਂ ਨੂੰ ਕੰਮ ਦੇਣ ਸਮੇਂ ਉਹਨਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ, ਪੰਜਾਬ ਵਿੱਚ ਘਰ ਵਾਪਸੀ ਕਰਨ ਵਾਲੇ ਸਾਰੇ ਲੋਕਾਂ ਲਈ ਉਸਾਰੂ ਮਾਹੌਲ ਸਿਰਜਿਆ ਜਾਵੇ ਤੇ ਇਹੀ ਕਦਮ ਪੰਜਾਬ ਵਿੱਚੋਂ ਜਾ ਰਹੇ ਪ੍ਰਵਾਸੀ ਕਾਮਿਆਂ ਸਬੰਧੀ ਚੁੱਕੇ ਜਾਣ, ਸਿਹਤ ਸੇਵਾਵਾਂ ਨਾਲ ਜੁੜਵੀਆਂ ਜੁੰਮੇਵਾਰੀਆਂ ਨਿਭਾਉਣ ਲਈ ਤਾਇਨਾਤ ਕੀਤੇ ਤੇ ਪਹਿਲਾਂ ਹੀ ਹੋਰ ਰੋਗਾਂ ਤੋਂ ਪੀੜਤ ਪੁਲੀਸ ਮੁਲਾਜ਼ਮਾਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਸਮਾਜਿਕ ਦੂਰੀ ਬਨਾਉਣਾ ਸੰਭਵ ਬਣਾਇਆ ਜਾਵੇ, ਮਾਸਕ, ਸੈਨੇਟਾਈਜ਼ਰ ਆਦਿ ਦੇ ਪ੍ਰਬੰਧ ਕੀਤੇ ਜਾਣ ਅਤੇ ਸਭਨਾ ਪੁਲਸ ਮੁਲਾਜ਼ਮਾਂ ਲਈ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੋਰ ਸਿਹਤ ਸਾਵਧਾਨੀਆਂ ਦੇ ਪਾਬੰਦ ਹੋਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ, ਉਹਨਾਂ ਦੇ ਕੰਮ ਘੰਟੇ ਸੀਮਤ ਕੀਤੇ ਜਾਣ, ਡਿਊਟੀ ਦੌਰਾਨ ਖਾਣ ਪੀਣ, ਆਉਣ ਜਾਣ ਅਤੇ ਰਿਹਾਇਸ਼ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਔਰਤ ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ ਤੇ ਕਰਫਿਊ ਦੌਰਾਨ ਲੋਕਾਂ 'ਤੇ ਜਬਰ ਢਾਹੁਣ ਵਾਲੇ ਦੋਸ਼ੀ ਪੁਲਸੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ। ਨਿੱਜੀਕਰਨ, ਸੰਸਾਰੀਕਰਨ ਤੇ ਵਪਾਰੀਕਰਨ ਦੀਆਂ ਨੀਤੀਆਂ ਨੂੰ ਖਤਮ ਕਰਕੇ ਜਲ ਸਪਲਾਈ, ਬਿਜਲੀ ਤੇ ਆਵਾਜਾਈ ਆਦਿ ਵਿੱਚ ਠੇਕੇ 'ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਖਾਲੀ ਅਸਾਮੀਆਂ ਭਰੀਆਂ ਜਾਣ, ਸਨਅਤਾਂ ਤੇ ਹੋਰ ਗੈਰ ਜਥੇਬੰਦ ਖੇਤਰਾਂ ਵਿੱਚ ਕੰਮ ਕਰਦੇ ਸਮੂਹ ਕਾਮਿਆਂ ਦੇ ਪੱਕੇ ਰੁਜਗਾਰ ਦੀ ਗਰੰਟੀ ਕੀਤੀ ਜਾਵੇ ਅਤੇ ਕਰੋਨਾ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਖਰਚਿਆਂ ਦੀ ਪੂਰਤੀ ਲਈ ਕਾਰਪੋਰੇਟ ਘਰਾਣਿਆਂ ਤੇ ਵੱਡੇ ਭੌਂਇਪਤੀਆਂ 'ਤੇ ਮੋਟੇ ਟੈਕਸ ਲਾ ਕੇ ਵਸੂਲੀ ਯਕੀਨੀ ਕੀਤੀ ਜਾਵੇ।
ਉਹਨਾਂ ਸਮੂਹ ਲੋਕਾਂ ਤੇ ਸਿਹਤ ਮੁਲਾਜਮਾਂ ਨੂੰ ਸੱਦਾ ਦਿੱਤਾ ਕਿ ਉਹ ਉਪਰੋਕਤ ਮੰਗਾਂ ਦੀ ਪੂਰਤੀ ਲਈ 13 ਮਈ ਦੇ ਪ੍ਰਦਰਸ਼ਨਾਂ ਵਿੱਚ ਵਧ ਚੜ ਕੇ ਸ਼ਾਮਲ ਹੋਣ। ਸੱਦਾ ਦੇਣ ਵਾਲੀਆਂ ਜਥੇਬੰਦੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਟੈਕਸਟਾਈਲ ਹੌਜਰੀ ਕਾਮਗਰ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ ਨੰ 31, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ (ਲਲਕਾਰ), ਪੀ.ਐਸ.ਯੂ. (ਸ਼ਹੀਦ ਰੰਧਾਵਾ), ਟੈਕਨੀਕਲ ਸਰਵਿਸਜ਼ ਯੂਨੀਅਨ, ਨੌਜਵਾਨ ਭਾਰਤ ਸਭਾ, ਪੀ.ਐਸ.ਯੂ. (ਲਲਕਾਰ), ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ, ਕਾਰਖਾਨਾ ਮਜ਼ਦੂਰ ਯੂਨੀਅਨ, ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਠੇਕਾ ਮੁਲਾਜ਼ਮ ਯੂਨੀਅਨ ਅਜ਼ਾਦ, ਪਾਵਰ ਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰ ਕੌਮ ਜੋਨ ਬਠਿੰਡਾ ਅਤੇ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਸ਼ਾਮਲ ਹਨ।
No comments:
Post a Comment