Sunday, 9 August 2020

9 ਅਗਸਤ ਦੇ ਦੇਸ਼ ਵਿਆਪੀ ਸੱਦੇ ਤਹਿਤ ਰੋਹ ਭਰਪੂਰ ਮੁਜ਼ਾਹਰੇ

9 ਅਗਸਤ 2020। ਅੱਜ ਦੇਸ਼ ਭਰ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕੋਰੋਨਾ ਬਹਾਨੇ ਲਾਗੂ ਕੀਤੀਆਂ ਜਾ ਰਹੀਆਂ ਲੋਕ ਦੋਖੀ ਨੀਤੀਆਂ ਖਿਲਾਫ਼ ਰੋਸ ਮੁਜ਼ਾਹਰੇ ਹੋਏ ਹਨ। ਇਸੇ ਤਹਿਤ ਨੌਜਵਾਨ ਭਾਰਤ ਸਭਾ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਵੀ ਪੰਜਾਬ ਅਤੇ ਹਰਿਆਣਾ ਵਿੱਚ ਅਨੇਕਾਂ ਥਾਵਾਂ ’ਤੇ ਰੋਹ ਭਰਪੂਰ ਰੋਸ ਮੁਜ਼ਾਹਰੇ ਕੀਤੇ। ਇਹਨਾਂ ਰੋਸ ਮੁਜ਼ਾਹਰਿਆਂ ਦੌਰਾਨ ਜੱਥੇਬੰਦੀਆਂ ਨੇ ਕੋਰੋਨਾ ਦਾ ਹਊਆ ਖੜ੍ਹਾ ਕਰਨ ਵਿਰੁੱਧ ਅਤੇ ਕਿਰਤੀਆਂ-ਨੌਜਵਾਨਾਂ ਦੇ ਮਸਲੇ ਹੱਲ ਕਰਨ ਲਈ ਜ਼ੋਰਦਾਰ ਅਵਾਜ਼ ਬੁਲੰਦ ਕੀਤੀ। 
 ਰੋਸ ਮੁਜ਼ਾਹਰਿਆਂ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਹਾਕਮਾਂ ਨੇ ਕੋਰੋਨਾ ਬਿਮਾਰੀ ਦੀ ਭਿਆਨਕਤਾ ਨੂੰ ਜਿੱਡਾ ਵਧਾਅ-ਚੜਾਅ ਕੇ ਪੇਸ਼ ਕੀਤਾ ਸੀ ਹਕੀਕਤ ਬਿਲਕੁੱਲ ਇਸ ਦੇ ਉਲਟ ਸਾਹਮਣੇ ਆਈ ਹੈ। ਪਰ ਕੋਰੋਨਾ ਬਹਾਨੇ ਕੀਤੀ ਗਈ ਪੂਰਨਬੰਦੀ ਤੇ ਹੋਰ ਜ਼ਾਬਰ ਕਦਮਾਂ ਨੇ ਕਿਰਤੀ ਲੋਕਾਂ ਉੱਤੇ ਪਹਿਲਾਂ ਤੋਂ ਵੀ ਕਿਤੇ ਵਧੇਰੇ ਭਿਆਨਕ ਰੂਪ ਵਿੱਚ ਮੁਸੀਬਤਾਂ ਦਾ ਪਹਾੜ ਲੱਦ ਦਿੱਤਾ ਹੈ। ਲੋਕਾਂ ਦੀ ਆਰਥਿਕ-ਸਿਆਸੀ-ਸਮਾਜਕ ਹੱਕਾਂ ਉੱਤੇ ਵੱਡੇ ਪੱਧਰ ਉੱਤੇ ਹਮਲਾ ਕੀਤਾ ਗਿਆ ਹੈ। ਕੋਰੋਨਾ ਦੇ ਪਰਦੇ ਹੇਠ ਫਾਸੀਵਾਦੀ ਹਾਕਮਾਂ ਨੇ ਜਮਹੂਰੀ ਹੱਕਾਂ ਦੇ ਘਾਣ ਦਾ ਏਜੰਡਾ ਵਧ-ਚੜ੍ਹ ਕੇ ਲਾਗੂ ਕੀਤਾ ਹੈ। 
 ਇਹਨਾਂ ਰੋਸ ਮੁਜ਼ਾਹਰਿਆਂ ਦੌਰਾਨ ਜੱਥੇਬੰਦੀਆਂ ਨੇ ਮੰਗ ਕੀਤੀ ਕਿ ਕੋਰੋਨਾ ਦਾ ਹਊਆ ਖੜ੍ਹਾ ਕਰਨਾ ਬੰਦ ਹੋਵੇ ਤੇ ਲੋਕਾਂ ਦੀ ਸਮੱਸਿਆ ਦਾ ਹਕੀਕੀ ਹੱਲ ਕੀਤਾ ਜਾਵੇ। ਬੇਰੁਜ਼ਗਾਰੀ ਨੂੰ ਲਗਾਮ ਕਸਣ, ਬੇਰੁਜ਼ਗਾਰੀ ਭੱਤਾ ਦੇਣ, ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਨ, ਨਿੱਜੀਕਰਨ ਦੀਆਂ ਕੁੱਲ ਨੀਤੀਆਂ ਰੱਦ ਕਰਨ, ਕਿਰਤ ਕਨੂੰਨਾਂ ਵਿੱਚ ਸੋਧਾਂ ਰੱਦ ਕਰਨ, ਸਭਨਾਂ ਬਿਮਾਰੀਆਂ ਦਾ ਮੁਫ਼ਡ ਅਤੇ ਚੰਗਾ ਇਲਾਜ ਕਰਨ, ਸਾਰੀਆਂ ਸਿਹਤ ਸਹੂਲਤਾਂ ਦੇ ਸਰਕਾਰੀਕਰਨ, ਪ੍ਰਸਤਾਵਿਤ ਬਿਜਲੀ ਸੋਧ ਬਿਲ ਅਤੇ ਪਾਸ ਕੀਤੇ ਖੇਤੀ ਆਰਡੀਨੈਂਸ ਰੱਦ ਕਰਨ, ਸਭਨਾਂ ਕਿਰਤੀਆਂ ਨੂੰ ਮੁਫ਼ਤ ਰਾਸ਼ਨ ਦਾ ਪ੍ਰਬੰਧ ਕਰਨ, ਜਨਤਕ ਵੰਡ ਪ੍ਰਣਾਲੀ ਦਾ ਪ੍ਰਸਾਰ ਕਰਨ, ਪੁਰਨਬੰਦੀ ਦੌਰਾਨ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ, ਮਹਿੰਗਾਈ ਨੂੰ ਨੱਥ ਪਾਉਣ, ਕੋਰੋਨਾ ਬਹਾਨੇ ਸਰਮਾਏਦਾਰਾਂ ਨੂੰ ਰਾਹਤ ਪੈਕੇਜ ਦੇ ਨਾਂ ’ਤੇ ਕਿਰਤੀ ਲੋਕਾਂ ਦਾ ਪੈਸਾ ਲੁਟਾਉਣਾ ਬੰਦ ਕਰਨ ਤੇ ਉਹਨਾਂ ’ਤੇ ਭਾਰੀ ਟੈਕਸ ਲਾ ਕੇ ਮਜ਼ਦੂਰਾਂ-ਕਿਰਤੀਆਂ ਨੂੰ ਸਹੂਲਤਾਂ ਦੇਣ ਅਤੇ ਹੋਰ ਅਨੇਕਾਂ ਮੰਗਾਂ ਲਈ ਜੱਥੇਬੰਦੀਆਂ ਨੇ ਜ਼ੋਰਦਾਰ ਅਵਾਜ਼ ਕੀਤੀ।