
ਲੋਟੂ ਹਾਕਮਾਂ ਦਾ ਲੋਕਦੋਖੀ ਕਿਰਦਾਰ ਪਹਿਚਾਣੋ।

ਰੁਜ਼ਗਾਰ ਖਾਤਰ ਅਤੇ ਨਿੱਜੀਕਰਨ ਵਿਰੁੱਧ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰੋ
ਪਿਆਰੇ ਲੋਕੋ,
28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦੀ 113ਵੀਂ ਵਰ੍ਹੇਗੰਢ ਆ ਰਹੀ ਹੈ। ਸਾਡੇ ਲਈ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸਿਰਫ਼ ਕੋਈ ਤਿੱਥ-ਤਿਉਹਾਰ ਨਹੀਂ, ਸਗੋਂ ਸ਼ਹੀਦ ਭਗਤ ਸਿੰਘ ਵੱਲੋਂ ਲੁੱਟ- ਜ਼ਬਰ- ਅਨਿਆਂ ਵਿਰੁੱਧ ਵਿੱਢੇ ਸੰਘਰਸ਼ ਦਾ ਚੇਤਾ ਹੈ। ਉਹ ਸੰਘਰਸ਼ ਜੋ ਇਸ ਸੂਰਮੇ ਨੂੰ ਫਾਂਸੀ ਚਾੜਕੇ ਵੀ ਮੁੱਕਿਆ ਨਾ, ਜੋ ਹੁਣ ਤੱਕ ਜਾਰੀ ਹੈ। ਸ਼ਹੀਦ ਭਗਤ ਸਿੰਘ ਦੀ ਲੜਾਈ ਸਿਰਫ ਦੇਸ਼ ਨੂੰ ਅੰਗਰੇਜਾਂ ਤੋਂ ਅਜਾਦੀ ਦੀ ਨਹੀਂ, ਸਗੋਂ ਹਰ ਤਰਾਂ ਦੇ ਲੁੱਟ-ਜਬਰ-ਅਨਿਆਂ ਤੋਂ ਅਜਾਦੀ ਦੀ ਲੜਾਈ ਸੀ, ਇਸੇ ਕਰਕੇ ਇਹ ਲੜਾਈ ਸੰਨ ਸੰਤਾਲੀ ਵਿੱਚ ਦੇਸ਼ ਦੇ ਰਾਜ ਭਾਗ ਉੱਤੇ ਕਾਬਜ ਹੋਈਆਂ ਲੋਕ ਦੋਖੀ ਹਕੂਮਤਾਂ ਖਿਲਾਫ ਵੀ ਜਾਰੀ ਹੈ। ਅੱਜ ਵੀ ਦੋ ਟੋਟਿਆਂ ਵਿੱਚ ਵੰਡੀ ਖਲਕਤ ਦੀ, ਲੋਕਾਂ ਅਤੇ ਜੋਕਾਂ ਦੀ ਆਪਸ ਵਿੱਚ ਜੰਗ ਲਗਾਤਾਰ ਜਾਰੀ ਹੈ। ਭਗਤ ਸਿੰਘ ਦੀ ਫਾਂਸੀ ਦੇ ਲਗਭਗ ਨੌ ਦਹਾਕੇ ਮਗਰੋਂ ਵੀ ਇਸ ਸ਼੍ਰੋਮਣੀ ਯੋਧੇ ਦੇ ਇਨਕਲਾਬੀ ਖਾੜਕੂ ਵਿਚਾਰਾਂ ਦਾ ਪਰਚਮ ਲੁੱਟ-ਜਬਰ-ਅਨਿਆਂ ਖਿਲਾਫ ਲੜਨ ਵਾਲ਼ਿਆਂ ਦਾ ਰਾਹ ਰੁਸ਼ਨਾ ਰਿਹਾ ਹੈ। ਇਸ ਲਈ ਅੱਜ ਸਾਡੇ ਲਈ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜਾ ਮਨਾਉਣ ਦਾ ਮਤਲਬ ਉਹਨਾਂ ਦੇ ਵਿਚਾਰਾਂ ਤੋਂ ਸੇਧ ਲੈਂਦਿਆਂ ਅਜੋਕੇ ਹਕੂਮਤੀ ਹੱਲ਼ਿਆਂ ਦਾ ਮੂੰਹ ਤੋੜਵਾਂ ਜਵਾਬ ਦੇਣਾ ਹੈ ਅਤੇ ਉਹਨਾਂ ਦੇ ਲੋਕ ਦੋਖੀ ਕਿਰਦਾਰ ਦਾ ਪਾਜ ਉਘਾੜਾ ਕਰਨਾ ਹੈ, ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਕਿਰਤੀ ਲੋਕਾਂ ਨੂੰ ਤਿਆਰ ਕਰਨਾ ਹੈ।
ਜਿਸ ਦੌਰ ਵਿੱਚ ਅਸੀਂ ਅੱਜ ਗੱਲ ਕਰ ਰਹੇ ਹਾਂ, ਇਸ ਮੌਕੇ ਰਾਜ ਭਾਗ ਉੱਤੇ ਕਾਬਜ ਹਕੂਮਤਾਂ, ਕੇਂਦਰ ਦੀ ਭਾਜਪਾ ਹਕੂਮਤ ਅਤੇ ਸੂਬਾਈ ਹਕੂਮਤਾਂ ਦੇ ਲੋਕਦੋਖੀ ਕਿਰਦਾਰ ਪਹਿਲਾਂ ਨਾਲ਼ੋਂ ਕਿਤੇ ਜਿਆਦਾ ਉੱਘੜਕੇ ਸਾਹਮਣੇ ਆ ਰਿਹਾ ਹੈ। ਕਿਰਤੀ ਲੋਕਾਂ ਉੱਤੇ ਹੱਲਾ ਪਹਿਲਾਂ ਨਾਲ਼ੋਂ ਕਿਤੇ ਜਿਆਦਾ ਤਿੱਖਾ ਹੋਇਆ ਹੈ। ਇਸ ਕਰਕੇ ਇਹਨਾਂ ਜਾਬਰ, ਲੋਕਦੋਖੀ ਸਰਕਾਰਾਂ ਤੋਂ ਮੁਕਤੀ ਲਈ ਭਗਤ ਸਿੰਘ ਦੇ ਵਿਚਾਰਾਂ ਦੀ ਅੱਜ ਵਿਸ਼ੇਸ਼ ਅਹਿਮੀਅਤ ਬਣਦੀ ਹੈ। ਸਾਲ ਦੇ ਤੀਜੇ ਮਹੀਨੇ ਤੋਂ ਕਰੋਨਾ ਬਹਾਨੇ ਮੜੀ ਪੂਰਨਬੰਦੀ ਨੇ ਪਹਿਲਾਂ ਹੀ ਗਰੀਬੀ, ਬੇਰੁਜ਼ਗਾਰੀ ਤੋਂ ਪੀੜਿਤ ਆਮ ਲੋਕਾਈ ਦੀਆਂ ਸਮੱਸਿਆਵਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਪੂਰਨਬੰਦੀ ਦੇ ਜਾਬਰ ਫੈਸਲੇ ਤੋਂ ਪਹਿਲਾਂ ਕੇਂਦਰ ਦੀ ਭਾਜਪਾ ਹਕੂਮਤ ਅਤੇ ਸੂਬੇ ਦੀਆਂ ਸਰਕਾਰਾਂ ਵੱਲੋਂ ਕਿਰਤੀ ਲੋਕਾਂ ਦੇ ਗੁਜਾਰੇ ਲਈ ਕੋਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ। ਸਭ ਕੁਝ ਨੂੰ ਇੱਕਦਮ ਬੰਦ ਕਰਕੇ ਦੇਸ਼ ਦੇ ਕਿਰਤੀਆਂ ਨੂੰ ਭੁੱਖੇ ਮਰਨ ਲਈ ਛੱਡ ਦਿੱਤਾ। ਪ੍ਰਵਾਸੀ ਕਾਮਿਆਂ ਨੂੰ ਭੁੱਖੇ-ਤਿਹਾਏ ਆਵਦੇ ਸੂਬਿਆਂ ਨੂੰ ਪਰਤਣ ਲਈ ਮਜਬੂਰ ਹੋਣਾ ਪਿਆ। ਕਰੋਨਾ ਇਲਾਜ ਬਹਾਨੇ ਸਰਕਾਰੀ ਹਸਪਤਾਲਾਂ ਵਿੱਚੋਂ ਬਾਕੀ ਸਾਰੀਆਂ ਸਿਹਤ ਸਹੂਲਤਾਂ ਮੁਲਤਵੀ ਕਰਨ ਨਾਲ਼ ਬਹੁਤ ਸਾਰੇ ਲੋਕ ਆਮ ਰੋਗਾਂ ਨਾਲ਼ ਇਲਾਜ ਨਾ ਹੋਣ ਖੁਣੋਂ ਮਰ ਗਏ। ਪੂਰਨਬੰਦੀ ਕਰਕੇ ਰੁਜਗਾਰ ਦਾ ਵੱਡੇ ਪੱਧਰ ਉੱਤੇ ਉਜਾੜਾ ਹੋਇਆ ਹੈ। ਬੇਰੁਜਗਾਰਾਂ ਦੀ ਫੌਜ ਵਿੱਚ ਅਥਾਹ ਵਾਧਾ ਹੋਇਆ ਹੈ। ਪੂਰਨਬੰਦੀ ਦੇ ਦੌਰਾਨ ਹੀ 12 ਕਰੋੜ ਲੋਕਾਂ ਦੇ ਬੇਰੁਜਗਾਰ ਹੋਣ ਦਾ ਅੰਕੜਾ ਦੱਸਿਆ ਜਾ ਰਿਹਾ ਹੈ। ਪਹਿਲੀ ਵਾਰ ਦੇਸ਼ ਵਿੱਚ ਬੇਰੁਜਗਾਰੀ ਦੀ ਦਰ ਲਗਭਗ 30 ਫੀਸਦ ਨੂੰ ਉੱਪੜ ਗਈ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਕਰੋਨਾ ਪੂਰਨਬੰਦੀ ਦੇ ਨਾਂ ਉੱਤੇ ਲੋਕਾਂ ਨੂੰ ਜਬਰੀ ਘਰਾਂ ਅੰਦਰ ਡੱਕਿਆ ਅਤੇ ਇਸ ਦੌਰਾਨ ਕਈ ਲੋਕ ਵਿਰੋਧੀ ਫੈਸਲੇ ਲਏ। ਲੋਕ ਵਿਰੋਧੀ ਤਿੰਨ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ, ਨਵੀਂ ਸਿੱਖਿਆ ਨੀਤੀ ਪਾਸ ਕਰਕੇ ਨਿੱਜੀਕਰਨ ਰਾਹੀਂ ਕਿਰਤੀ ਲੋਕਾਂ ਉੱਤੇ ਹਮਲੇ ਨੂੰ ਹੋਰ ਤਿੱਖਾ ਕੀਤਾ ਹੈ। ਜਨਤਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਸਰਮਾਏਦਾਰਾਂ- ਧਨਾਢਾਂ ਨੂੰ ਵੇਚਕੇ ਨਿੱਜੀਕਰਨ ਦੇ ਰਾਹ ਦੇ ਰੋੜੇ ਚੁਗੇ ਹਨ, ਰੇਲਵੇ ਤੋਂ ਲੈਕੇ ਟੈਲੀਫੋਨ ਮਹਿਕਮੇ ਤੱਕ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ ਹੈ। ਮਜ਼ਦੂਰਾਂ ਦੇ ਕਨੂੰਨੀ ਕਿਰਤ ਹੱਕਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਗਈਆਂ ਹਨ। ਦੇਸ਼ ਦੇ ਧਨਾਢਾਂ ਨੂੰ ਟੈਕਸਾਂ ਅਤੇ ਕਰਜਿਆਂ ਤੋਂ ਲੱਖਾਂ-ਕਰੋੜਾਂ ਦੀਆਂ ਛੋਟਾਂ ਦਿੱਤੀਆਂ ਗਈਆਂ ਹਨ। ਇਸ ਔਖੀ ਘੜੀ ਗਰੀਬ ਕਿਰਤੀ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਸਰਕਾਰ ਵੱਡੇ ਸਰਮਾਏਦਾਰਾਂ-ਧਨਾਢਾਂ ਵਾਸਤੇ ਸਰਕਾਰੀ ਖਜਾਨੇ ਦੇ ਮੂੰਹ ਖੋਲ ਰਹੀ ਹੈ। ਉੱਤੋਂ ਸਰਕਾਰ ਨੇ ਕਰੋਨਾ ਨੂੰ ਬਹਾਨਾ ਬਣਾਕੇ ਥੋਪੀ ਪੂਰਨਬੰਦੀ ਤਹਿਤ ਲੋਕਾਂ ਦੇ ਜਮਹੂਰੀ ਅਤੇ ਨਾਗਰਿਕ ਹੱਕਾਂ ਨੂੰ ਡੰਡੇ ਦੇ ਜੋਰ ਨਾਲ਼ ਕੁਚਲਿਆ ਹੈ। ਹੱਕਾਂ ਲਈ ਸੰਘਰਸ਼ ਕਰਨ ਵਾਲ਼ੇ ਲੋਕਾਂ ਨੂੰ ਕਰੋਨਾ ਦੇ ਨਾਂ ਉੱਤੇ ਝੂਠੇ ਕੇਸਾਂ ਵਿੱਚ ਮੜ੍ਹਿਆ ਗਿਆ ਹੈ ਜਾਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਲੋਕਾਂ ਦੀ ਧਿਰ ਮੱਲ਼ਣ ਵਾਲ਼ੇ ਬੁੱਧੀਜੀਵੀਆਂ ਨੂੰ ਜੇਲ੍ਹੀਂ ਡੱਕਿਆ ਹੈ, ਦਲਿਤਾਂ, ਧਾਰਮਿਕ ਘੱਟਗਿਣਤੀਆਂ ਅਤੇ ਇਨਕਲਾਬੀ ਜਮਹੂਰੀ ਤਾਕਤਾਂ ਉੱਤੇ ਜ਼ਬਰ ਤਿੱਖਾ ਕੀਤਾ ਹੈ। ਉਪਰੋਕਤ ਕੁਝ ਉਦਾਹਰਨਾਂ ਤੋਂ ਇਹ ਗੱਲ ਚਿੱਟੇ ਦੁੱਧ ਵਾਂਗ ਸਾਫ ਹੈ ਕਿ ਸਰਕਾਰ ਨੇ ਕਰੋਨਾ ਦੇ ਇਸ ਮੌਕੇ ਨੂੰ ਲੋਕਾਂ ਵਿੱਚ ਭੈਅ ਪੈਦਾ ਕਰਕੇ ਪੂਰਨਬੰਦੀ ਮੜ੍ਹਨ, ਸੰਘਰਸ਼ਾਂ ਨੂੰ ਡੱਕਣ, ਨਿੱਜੀਕਰਨ ਦੀਆਂ ਨੀਤੀਆਂ ਨੂੰ ਜਰਬਾਂ ਦੇਣ ਅਤੇ ਦੇਸ਼ ਵਿੱਚ ਫਿਰਕੂ ਲੀਹਾਂ ਉੱਤੇ ਵੰਡੀਆਂ ਪਾਉਣ ਲਈ ਲਾਹੇਵੰਦੀ ਹਾਲਤ ਵਜੋਂ ਵਰਤਿਆ ਹੈ ਅਤੇ ਹੁਣ ਵੀ ਵਰਤ ਰਹੀ ਹੈ।
ਪਰ ਇਹਨਾਂ ਹਾਲਤਾਂ ਵਿੱਚ ਆਮ ਲੋਕਾਂ ਦੀ ਜਿੰਦਗੀ ਦੁੱਭਰ ਹੋਈ ਪਈ ਹੈ। ਇੱਕ ਵੱਡੀ ਅਬਾਦੀ ਰੁਜਗਾਰ ਬੰਦ ਹੋਣ ਕਾਰਨ ਰੋਟੀ ਖੁਣੋਂ ਮੁਥਾਜ ਹੈ। ਅੰਕੜਿਆਂ ਮੁਤਾਬਕ ਇਸ ਸਾਲ ਦੇ ਅੰਤ ਤੱਕ 40 ਕਰੋੜ ਕਿਰਤੀਆਂ ਦੀ ਭੁੱਖਮਰੀ ਦੇ ਸ਼ਿਕਾਰ ਹੋਣ ਦਾ ਅੰਦਾਜਾ ਲਾਇਆ ਜਾ ਰਿਹਾ ਹੈ, ਹਜਾਰਾਂ ਬੱਚਿਆਂ ਦੇ ਭੁੱਖ ਨਾਲ਼ ਮਰਨ ਦੇ ਅੰਦਾਜੇ ਦੱਸੇ ਜਾ ਰਹੇ ਹਨ। ਹਰ ਖੇਤਰ ਵਿੱਚ ਰੁਜਗਾਰ ਬੰਦ ਹੋਏ ਹਨ। ਇਸ ਮੌਕੇ ਕੇਂਦਰ ਦੀ ਭਾਜਪਾ ਅਤੇ ਸੂਬਾਈ ਸਰਕਾਰਾਂ ਦੇ ਲੋਕਦੋਖੀ ਕਿਰਦਾਰ ਸਾਡੇ ਸਭ ਦੇ ਸਾਹਮਣੇ ਹਨ। ਇਸ ਮੌਕੇ ਆਵਦੀਆਂ ਹੱਕੀ ਮੰਗਾਂ ਉੱਤੇ ਇਕਜੁੱਟ ਹੁੰਦਿਆਂ ਹਾਕਮਾਂ ਵੱਲੋਂ ਕੀਤੇ ਲੋਕ ਵਿਰੋਧੀ ਫੈਸਲਿਆਂ ਖਿਲਾਫ ਡਟਣ ਦੀ ਅਣਸਰਦੀ ਲੋੜ ਬਣਦੀ ਹੈ। ਕਿਉਂਕਿ ਭਾਜਪਾ ਸਰਕਾਰ ਵੱਲੋਂ ਵਿੱਢੇ ਇਸ ਹੱਲੇ ਦੀ ਧਾਰ ਜਿੰਨੀ ਤਿੱਖੀ ਹੈ, ਇਸ ਨੂੰ ਖੁੰਢਿਆਂ ਕਰਨ ਲਈ ਤਾਣ ਵੀ ਓਨਾ ਜਿਆਦਾ ਜੁਟਾਉਣਾ ਪਵੇਗਾ। ਜੇ ਵੇਲ਼ਾ ਰਹਿੰਦੇ ਹਾਕਮਾਂ ਦੇ ਇਸ ਹਮਲੇ ਨੂੰ ਬੰਨ੍ਹ ਨਾ ਮਾਰਿਆ ਗਿਆ ਤਾਂ ਇਹਨਾਂ ਸਰਮਾਏਦਾਰਾਂ-ਧਨਾਢਾਂ ਦੇ ਚਾਕਰਾਂ ਨੇ ਸਭ ਵੇਚ ਵੱਟਕੇ ਕਿਰਤੀ ਲੋਕਾਂ, ਵਿਦਿਆਰਥੀਆਂ, ਨੌਜਵਾਨਾਂ ਦੀ ਜਿੰਦਗੀ ਨੂੰ ਹੋਰ ਦੁੱਭਰ ਬਣਾ ਛੱਡਣਾ ਹੈ। ਇਸ ਕਰਕੇ ਵੇਲ਼ਾ ਸਾਨੂੰ ਇੱਕਜੁੱਟ ਹੋਕੇ ਸੰਘਰਸ਼ਾਂ ਦੇ ਮੈਦਾਨ ਭਖਾਉਣ ਦੇ ਸੱਦੇ ਦੇ ਰਿਹਾ ਹੈ, ਹੋਣੀ ਨੂੰ ਬਦਲਣ ਲਈ ਅਵਾਜਾਂ ਮਾਰ ਰਿਹਾ ਹੈ। ਸਾਡੇ ਸ਼ਹੀਦ ਨੌਜਵਾਨੀ ਨੂੰ ਵੰਗਾਰ ਰਹੇ ਕਿ ‘ਨੌਜਵਾਨੋਂ ਉੱਠੋ, ਤੁਹਾਨੂੰ ਸੁੱਤਿਆਂ ਨੂੰ ਯੁਗ ਬੀਤ ਚੁੱਕੇ ਹਨ’। ਅਸੀਂ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ(ਲਲਕਾਰ) ਵੱਲੋਂ ‘ਚੇਤਨਾ ਪੰਦਰਵਾੜਾ’ ਮਨਾਉਂਦੇ ਹੋਏ ਸੱਦਾ ਦਿੰਦੇ ਹਾਂ ਕਿ ਆਓ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਵੇਲ਼ੇ ਦੀਆਂ ਹਕੂਮਤਾਂ ਨੂੰ ਵੰਗਾਰੀਏ ਅਤੇ ਹੱਕੀ ਮੰਗਾਂ ਦਾ ਝੰਡਾ ਬੁਲੰਦ ਕਰਦਿਆਂ ਸੰਘਰਸ਼ਾਂ ਦੇ ਪਿੜ ਭਖਾਈਏ ਅਤੇ ਮੰਗ ਕਰੀਏ ਕਿ-
1. ਹਰ ਕੰਮ ਕਰਨ ਯੋਗ ਵਿਅਕਤੀ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਓਨਾ ਚਿਰ ਹਰ ਬੇਰੁਜ਼ਗਾਰ ਲਈ ਫੌਰੀ ਬੇਰੁਜ਼ਗਾਰੀ ਭੱਤੇ ਦਾ ਇੰਤਜਾਮ ਕੀਤਾ ਜਾਵੇ।
2. ਮਜ਼ਦੂਰਾਂ ਅਤੇ ਗਰੀਬ ਕਿਸਾਨੀ ਦਾ ਸਾਰਾ ਕਰਜਾ ਮਾਫ ਕੀਤਾ ਜਾਵੇ।
3. ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕੀਤਾ ਜਾਵੇ ਅਤੇ ਇਸਦਾ ਪਸਾਰਾ ਕੀਤਾ ਜਾਵੇ।
4. ਕਰੋਨਾ ਕਰਕੇ ਟਾਲ਼ੀਆਂ ਸਿਹਤ ਸਹੂਲਤਾਂ ਮੁਫਤ ਅਤੇ ਤੁਰੰਤ ਚਾਲੂ ਕੀਤੀਆਂ ਜਾਣ।
5. ਪੂਰਨਬੰਦੀ ਕਾਰਨ ਲੋਕਾਂ ਦੀਆਂ ਆਰਥਕ ਤੰਗੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਦੀ ਇਸ ਸਾਲ ਦੀ ਪੂਰੀ ਫੀਸ ਮਾਫ ਕੀਤੀ ਜਾਵੇ।
6. ਵਿਦਿਆਰਥੀਆਂ ਨੂੰ ਬਿਨਾਂ ਇਮਤਿਹਾਨ ਲਏ ਅਗਲੀਆਂ ਜਮਾਤਾਂ ਵਿੱਚ ਤਰੱਕੀ ਦਿੱਤੀ ਜਾਵੇ।
7. ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ।
8. ਕਿਰਤ ਕਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ, ਤਿੰਨ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ ਅਤੇ ਨਵੀਂ ਸਿੱਖਿਆ ਨੀਤੀ ਨੂੰ ਰੱਦ ਕੀਤਾ ਜਾਵੇ।
9. ਹੱਕਾਂ ਲਈ ਸੰਘਰਸ਼ ਕਰਨ ਵਾਲ਼ਿਆਂ ਨੂੰ ਝੂਠੇ ਕੇਸਾਂ ਵਿੱਚ ਮੜਨਾ ਬੰਦ ਕੀਤਾ ਜਾਵੇ ਅਤੇ ਸੰਘਰਸ਼ ਕਰਨ ਦੇ ਹੱਕ ਉੱਤੇ ਮੜੀਆਂ ਪਬੰਦੀਆਂ ਵਾਪਸ ਲਈਆਂ ਜਾਣ।
ਅਸੀਂ ‘ਚੇਤਨਾ ਪੰਦਰਵਾੜਾ’ ਤਹਿਤ ਪਿੰਡਾਂ-ਸ਼ਹਿਰਾਂ ਵਿੱਚ ਕੀਤੀਆਂ ਜਾਣ ਵਾਲ਼ੀਆਂ ਮੀਟਿੰਗਾਂ, ਨਾਟਕ, ਝੰਡਾ ਮਾਰਚ, ਜਾਗੋ, ਪ੍ਰਭਾਤ ਫੇਰੀਆਂ, ਗੋਸ਼ਟੀਆਂ, ਵਿਚਾਰ ਚਰਚਾਵਾਂ ਅਤੇ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹਾਂ।
No comments:
Post a Comment